‘ਅਕਾਲੀ ਦਲ ਵਾਰਿਸ ਪੰਜਾਬ ਦੇ’ ਨੇ 2027 ਲਈ ਐਲਾਨਿਆ ਪਹਿਲਾ ਉਮਦੀਵਾਰ
ਜਾਣੋ ਕੌਣ ਹੋਵਗਾ ਬੱਸੀ ਪਠਾਣਾਂ ਤੋਂ ਉਮੀਦਵਾਰ
ਅੰਮ੍ਰਿਤਸਰ, 10 ਅਗਸਤ 2026 (ਵਿਸ਼ਵ ਵਾਰਤਾ): ਅੱਜ ਅੰਮ੍ਰਿਤਸਰ ਪ੍ਰੈਸ ਕਲੱਬ ਵਿਖੇ ਮੈਂਬਰ ਪਾਰਲੀਮੈਂਟ ਭਾਈ ਅੰਮ੍ਰਿਤਪਾਲ ਸਿੰਘ ਜੀ ਦੇ ਪਿਤਾ ਅਤੇ ਅਕਾਲੀ ਦਲ ਵਾਰਿਸ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਬਾਪੂ ਤਰਸੇਮ ਸਿੰਘ ਅਤੇ ਮੈਂਬਰ ਪਾਰਲੀਮੈਂਟ ਭਾਈ ਸਰਬਜੀਤ ਸਿੰਘ ਖਾਲਸਾ ਜੀ ਦੀ ਅਗਵਾਈ ਵਿੱਚ ਹੋਈ ਪ੍ਰੈਸ ਕਾਨਫਰੰਸ ਦੌਰਾਨ ਪਾਰਟੀ ਵੱਲੋਂ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਆਪਣੀ ਪਹਿਲੀ ਟਿਕਟ ਦਾ ਐਲਾਨ ਕੀਤਾ ਗਿਆ।
ਇਸ ਮੌਕੇ ਪਾਰਟੀ ਵੱਲੋਂ ਸ਼ਹੀਦ ਭਾਈ ਕੇਹਰ ਸਿੰਘ ਦੇ ਸਪੁੱਤਰ ਭਾਈ ਸਤਵੰਤ ਸਿੰਘ ਨੂੰ ਬੱਸੀ ਪਠਾਣਾਂ ਤੋਂ ਆਪਣਾ ਉਮੀਦਵਾਰ ਐਲਾਨਿਆ ਗਿਆ ਅਤੇ ਇਸ ਮੌਕੇ ਮੁੱਖ ਤੌਰ ਤੇ ਸ਼ਹੀਦ ਭਾਈ ਕੇਹਰ ਸਿੰਘ ਜੀ ਦੇ ਵੱਡੇ ਸਪੁੱਤਰ ਭਾਈ ਰਜਿੰਦਰ ਸਿੰਘ ਜੀ, ਉਹਨਾਂ ਦੇ ਪੋਤਰੇ ਭਾਈ ਪੁਰੂ ਰਾਜ ਸਿੰਘ ਜੀ, ਭਾਈ ਸੁਖਵਿੰਦਰ ਸਿੰਘ ਅਗਵਾਨ, ਪ੍ਰਗਟ ਸਿੰਘ ਅਤੇ ਭਾਈ ਅਮਰਜੀਤ ਸਿੰਘ ਵੰਨਚਿੜੀ ਵੀ ਮੌਜੂਦ ਰਹੇ।
ਤਰਸੇਮ ਸਿੰਘ ਨੇ ਕਿਹਾ ਕਿ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਦੀ ਸਿਆਸਤ ਸਿਰਫ਼ ਸੱਤਾ ਪ੍ਰਾਪਤੀ ਤੱਕ ਸੀਮਤ ਨਹੀਂ, ਸਗੋਂ ਪੰਥਕ ਸਿਧਾਂਤਾਂ, ਪੰਜਾਬ ਦੇ ਹੱਕਾਂ ਅਤੇ ਕੌਮ ਲਈ ਕੁਰਬਾਨੀਆਂ ਕਰਨ ਵਾਲੇ ਪਰਿਵਾਰਾਂ ਦੇ ਮਾਣ-ਸਤਿਕਾਰ ਨੂੰ ਅੱਗੇ ਲੈ ਕੇ ਚੱਲਣ ਲਈ ਵਚਨਬੱਧ ਹੈ।
ਉਨ੍ਹਾਂ ਕਿਹਾ ਕਿ ਪਿਛਲੇ ਸਮੇਂ ਦੌਰਾਨ ਕੁਝ ਲੋਕਾਂ ਵੱਲੋਂ ਇਹ ਕਿਹਾ ਜਾ ਰਿਹਾ ਸੀ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਵੱਲੋਂ ਪੰਥ ਅਤੇ ਕੌਮ ਲਈ ਕੁਰਬਾਨੀਆਂ ਕਰਨ ਵਾਲੇ ਪਰਿਵਾਰਾਂ ਨੂੰ ਦਰਕਿਨਾਰ ਕੀਤਾ ਜਾ ਰਿਹਾ ਹੈ ਸੋ ਅੱਜ ਅਕਾਲੀ ਦਲ ਵਾਰਿਸ ਪੰਜਾਬ ਦੇ ਨੇ ਸ਼ਹੀਦ ਪਰਿਵਾਰ ਵਿੱਚੋਂ ਪਹਿਲੀ ਉਮੀਦਵਾਰੀ ਦਾ ਐਲਾਨ ਕਰਕੇ ਇਸ ਧਾਰਨਾ ਨੂੰ ਮੁੱਢੋਂ ਹੀ ਰੱਦ ਕਰ ਦਿੱਤਾ ਹੈ।
ਬਾਪੂ ਤਰਸੇਮ ਸਿੰਘ ਨੇ ਕਿਹਾ ਕਿ ਸ਼ਹੀਦ ਪਰਿਵਾਰਾਂ ਦਾ ਸਤਿਕਾਰ ਸਿਰਫ਼ ਬਿਆਨਾਂ ਤੱਕ ਸੀਮਤ ਨਹੀਂ, ਬਲਕਿ ਪਾਰਟੀ ਦੀਆਂ ਜ਼ਿੰਮੇਵਾਰੀਆਂ ਵਿੱਚ ਵੀ ਉਨ੍ਹਾਂ ਨੂੰ ਬਣਦਾ ਸਥਾਨ ਦਿੱਤਾ ਜਾ ਰਿਹਾ ਹੈ। ਇਸੇ ਤਹਿਤ ਸ਼ਹੀਦ ਭਾਈ ਸਤਵੰਤ ਸਿੰਘ ਜੀ ਦੇ ਪਰਿਵਾਰ ਵਿੱਚੋਂ ਉਨ੍ਹਾਂ ਦੇ ਭਤੀਜੇ ਭਾਈ ਸੁਖਵਿੰਦਰ ਸਿੰਘ ਅਗਵਾਨ ਜੀ ਨੂੰ ਪਾਰਟੀ ਦੇ ਪਾਰਲੀਮਾਨੀ ਬੋਰਡ ਦਾ ਮੈਂਬਰ ਬਣਾਕੇ ਮਹੱਤਵਪੂਰਨ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਵਾਰਿਸ ਪੰਜਾਬ ਦੇ ਪੰਜਾਬ ਦੀ ਰਾਜਨੀਤੀ ਵਿੱਚ ਪੰਥਕ ਸਿਧਾਂਤਾਂ, ਪੰਜਾਬ ਦੇ ਹੱਕਾਂ, ਸ਼ਹੀਦ ਪਰਿਵਾਰਾਂ ਦੇ ਸਨਮਾਨ ਅਤੇ ਪੰਜਾਬ ਦੇ ਭਵਿੱਖ ਨੂੰ ਕੇਂਦਰ ਵਿੱਚ ਰੱਖ ਕੇ ਆਪਣੀ ਸਿਆਸੀ ਲੜਾਈ ਜਾਰੀ ਰੱਖੇਗਾ।
ਹੋਰ ਖਬਰਾਂ ਪੜ੍ਹਨ ਲਈ ਦਿੱਤੇ ਗਏ ਲਿੰਕ ਤੇ ਕਲਿੱਕ ਕਰੋ : https://Punjabi Waves.in/





No comments yet. Be the first to share your thoughts.